ਜਲਾਲਾਬਾਦ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਦੀ ਭੁਲੱਥ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਜਲਾਲਾਬਾਦ ਪੁਲਿਸ ਨੇ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ। ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਖਹਿਰਾ ਦੇ ਸਮਰਥਨ ‘ਚ ਅਦਾਲਤ ਦੇ ਬਾਹਰ ਪਹੁੰਚੀ। ਇਸ ਦੇ ਨਾਲ ਹੀ SIT ਨੂੰ ਸੁਖਪਾਲ ਸਿੰਘ ਖਹਿਰਾ ਖਿਲਾਫ ਸਬੂਤ ਮਿਲੇ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਨਾਮ ਨਾ ਛਾਪਣ ਦੀ ਸ਼ਰਤ ‘ਤੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਐਸਆਈਟੀ ਨੂੰ ਸਬੂਤ ਮਿਲੇ ਹਨ ਜੋ ਸੁਖਪਾਲ ਸਿੰਘ ਖਹਿਰਾ ਅਤੇ ਸਮੱਗਲਰ ਗੁਰਦੇਵ ਸਿੰਘ ਵਿਚਕਾਰ ਸਬੰਧਾਂ ਦਾ ਪਰਦਾਫਾਸ਼ ਕਰਦੇ ਹਨ। ਖਹਿਰਾ ਨੇ ਗੁਰਦੇਵ ਸਿੰਘ ਦੀ ਮਦਦ ਲਈ ਫਰੀਦਕੋਟ ਦੇ ਆਈਜੀ ਅਤੇ ਫਿਰੋਜ਼ਪੁਰ ਦੇ ਡੀਆਈਜੀ ਨੂੰ ਬੁਲਾਇਆ ਸੀ। ਇਹੀ ਕਾਰਨ ਹੈ ਕਿ ਪੁਲਿਸ ਖਹਿਰਾ ਦਾ ਫੋਨ ਬਰਾਮਦ ਕਰਨਾ ਚਾਹੁੰਦੀ ਹੈ ਅਤੇ Police ਨੇ ਪਿਛਲੀ ਪੇਸ਼ੀ ‘ਚ ਇਸ ਦੇ ਆਧਾਰ ‘ਤੇ ਰਿਮਾਂਡ ਵੀ ਹਾਸਲ ਕੀਤਾ ਸੀ। ਸੁਖਪਾਲ ਸਿੰਘ ਖਹਿਰਾ ਅਤੇ ਗੁਰਦੇਵ ਸਿੰਘ ਵਿਚਕਾਰ ਫੋਨ ‘ਤੇ ਗੱਲਬਾਤ ਹੁੰਦੀ ਰਹਿੰਦੀ ਸੀ। ਸੁਖਪਾਲ ਸਿੰਘ ਖਹਿਰਾ ਦੇ ਕੁੱਲ 3 ਫੋਨ ਸਨ। ਪੁਲਿਸ ਇਨ੍ਹਾਂ ਮੋਬਾਈਲਾਂ ਨੂੰ ਬਰਾਮਦ ਕਰਨਾ ਚਾਹੁੰਦੀ ਹੈ।
ਅਦਾਲਤ ਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਭੇਜਿਆ ਜੇਲ੍ਹ
