ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਤੇ ਭ੍ਰਿਸ਼ਟਾਚਾਰ ਦਾ ਇਕ ਹੋਰ ਮਾਮਲਾ ਦਰਜ

ਚੰਡ੍ਹੀਗੜ੍ਹ, 2 ਫਰਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਨਾਲ ਨਜਿੱਠਣ ਦੀ ਆਪਣੀ ਵਚਨਬੱਧਤਾ ਤਹਿਤ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏਆਈਟੀ) ਦੇ ਲੇਖਾਕਾਰ ਤੇ ਅੰਮ੍ਰਿਤਸਰ ਨਿਵਾਸੀ ਵਿਸ਼ਾਲ ਸ਼ਰਮਾ ਵਿਰੁੱਧ 45 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਇਕ ਹੋਰ ਮਾਮਲਾ ਦਰਜ ਕੀਤਾ ਹੈ। ਸਟੇਟ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਸ਼ੁੱਕਰਵਾਰ ਨੂੰ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਐਫਆਈਆਰ ਨੰ. 01, ਮਿਤੀ 31.01.2024 ਨੂੰ ਉਕਤ ਮੁਲਾਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਕੇਸ ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਦੇ ਵਸਨੀਕ ਮੇਜਰ ਸਿੰਘ ਵੱਲੋਂ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਇਹ ਸ਼ਿਕਾਇਤ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਆਡੀਓ-ਵਿਜ਼ੂਅਲ ਸਬੂਤਾਂ ਸਮੇਤ ਦਰਜ ਕਰਵਾਈ ਸੀ। ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਨੇ ਸ਼ਿਕਾਇਤ ਵਿੱਚ ਦੋਸ਼ਾਂ ਨੂੰ ਸਹੀ ਅਤੇ ਦਰੁੱਸਤ ਪਾਇਆ, ਜਿਸ ਕਾਰਨ ਉਕਤ ਮੁਲਜ਼ਮ ਕਰਮਚਾਰੀ ਵਿਰੁੱਧ ਇਹ ਕੇਸ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਏਆਈਟੀ ਦਾ ਇਹ ਮੁਲਾਜ਼ਮ ਇਸ ਸਮੇਂ ਇੱਕ ਹੋਰ ਰਿਸ਼ਵਤ ਦੇ ਮਾਮਲੇ ਵਿੱਚ 8 ਲੱਖ ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਤਹਿਤ ਨਿਆਂਇਕ ਹਿਰਾਸਤ ਅਧੀਨ ਜੇਲ੍ਹ ‘ਚ ਬੰਦ ਹੈ ਤੇ ਇਸ ਕੇਸ ਵਿਛ ਜਲਦੀ ਹੀ ਉਸ ਨੂੰ ਗ੍ਰਿਫਤਾਰੀ ਕਰਨ ਲਈ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਜਾਵੇਗਾ। ਜ਼ਿਕਰਯੋਗ ਹੈ ਕਿ ਬੀਤੀ 7 ਜਨਵਰੀ, 2023 ਨੂੰ ਦਰਜ ਕੀਤੇ ਗਏ ਇਸ ਕੇਸ ‘ਚ ਇਕ ਸਹਿ-ਦੋਸ਼ੀ ਏਆਈਟੀ ਲਾਅ ਅਫਸਰ ਗੌਤਮ ਮਜੀਠੀਆ, ਜੋ ਕਿ ਗ੍ਰੀਨ ਫੀਲਡ, ਮਜੀਠਾ ਰੋਡ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਨੂੰ ਪਹਿਲਾਂ ਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਉਹ ਵੀ ਨਿਆਂਇਕ ਹਿਰਾਸਤ ਵਿੱਚ ਹੈ।

You May Also Like