ਅੰਮ੍ਰਿਤਸਰ, 4 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ 2 ਕਿਲੋ ਆਈਸ ਡਰੱਗ (ਮੇਥਾਮਫੇਟਾਮਾਈਨ) ਬਰਾਮਦ ਕਰਨ ਉਪਰੰਤ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਤ ਸਮੱਗਲਰਾਂ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਫੜੇ ਗਏ ਸਮੱਗਲਰ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਸਿਮਰ ਮਾਨ ਵਾਸੀ ਪਿੰਡ ਗੱਗੜਮਾਲ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਆਈਸ ਡਰੱਗ ਦੀ ਖੇਪ ਨੂੰ ਜ਼ਬਤ ਕਰਨ ਤੋਂ ਇਲਾਵਾ ਉਸਦੇ ਕਬਜ਼ੇ ਵਿੱਚੋਂ ਇੱਕ ਅਤਿ ਆਧੁਨਿਕ .30 ਬੋਰ ਦਾ ਚੀਨੀ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਪਠਾਨ ਅਤੇ ਆਮੇਰ ਦੇ ਸਿੱਧੇ ਸੰਪਰਕ ਵਿੱਚ ਸੀ, ਜੋ ਉਸ ਨੂੰ ਡਰੋਨ ਰਾਹੀਂ ਸਰਹੱਦ ਪਾਰੋਂ ਆਈਸ ਡਰੱਗਜ਼ ਅਤੇ ਹਥਿਆਰ ਸਪਲਾਈ ਕਰ ਰਹੇ ਸਨ।
ਇਹ ਵੀ ਖਬਰ ਪੜੋ : ਵਿਜੀਲੈਂਸ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦੇ ਗਬਨ ਦੇ ਦੋਸ਼ ਚ ਦੋ ਸਰਪੰਚ ਤੇ ਇੱਕ ਪੰਚਾਇਤ ਸਕੱਤਰ ਗ੍ਰਿਫਤਾਰ
ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਸੂਬੇ ਭਰ ਵਿੱਚ ਆਈਸ ਡਰੱਗਜ਼ ਦੀ ਸਪਲਾਈ ਕਰਦੇ ਸਨ, ਜਦਕਿ ਉਸਦੇ ਪਿਛਲੇ ਤੇ ਅਗਲੇ ਸਬੰਧਾਂ ਬਾਰੇ ਜਾਣਕਾਰੀ ਲਗਾਉਣ ਲਈ ਜਾਂਚ ਜਾਰੀ ਹੈ। ਹੋਰ ਵੇਰਵੇ ਸਾਂਝਾ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਸੂਬੇ ਵਿੱਚ ਪਾਕਿ-ਅਧਾਰਤ ਸਮੱਗਲਰਾਂ ਵੱਲੋਂ ਭਾਰੀ ਮਾਤਰਾ ਵਿੱਚ ਆਈਸ ਡਰੱਗ ਅਤੇ ਹਥਿਆਰਾਂ ਦੀ ਖੇਪ ਲਿਆਉਣ ਦੀ ਕੋਸ਼ਿਸ਼ ਬਾਰੇ ਭਰੋਸੇਯੋਗ ਸੂਚਨਾਵਾਂ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਡੀਸੀਪੀ ਹਰਪ੍ਰੀਤ ਮੰਡੇਰ, ਏਡੀਸੀਪੀ ਸਿਟੀ-3 ਅਭਿਮੰਨਿਊ ਰਾਣਾ ਅਤੇ ਏਸੀਪੀ ਵੈਸਟ ਕਮਲਜੀਤ ਔਲਖ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ-1 ਤੋਂ ਪੁਲਿਸ ਟੀਮਾਂ ਨੇ ਛੇਹਰਟਾ ਖੇਤਰ ਵਿੱਚ ਵਿਆਪਕ ਆਪ੍ਰੇਸ਼ਨ ਕੀਤਾ।
