ਖੰਨਾ, 14 ਸਤੰਬਰ (ਐੱਸ.ਪੀ.ਐਨ ਬਿਊਰੋ) – ‘ਆਪ’ ਆਗੂ ਤਰਲੋਚਨ ਸਿੰਘ ਡੀਸੀ ਦੇ ਕਤਲ ਮਾਮਲੇ ‘ਚ ਨਾਮਜ਼ਦ ਅਕਾਲੀ ਆਗੂ ਨੂੰ ਖੰਨਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ 9 ਸਤੰਬਰ 2024 ਦੀ ਸ਼ਾਮ ਨੂੰ ਖੰਨਾ ਦੇ ਪਿੰਡ ਇਕੋਲਾਹਾ ਵਿੱਚ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਉਰਫ਼ ਡੀਸੀ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਘਟਨਾ ਤੋਂ ਬਾਅਦ ਇਸ ਮਾਮਲੇ ‘ਚ ਮੁੱਖ ਮੁਲਜ਼ਮ ਰਣਜੀਤ ਸਿੰਘ ਵਾਸੀ ਇਕੋਲਾਹਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਇਸ ਮਾਮਲੇ ‘ਚ ਨਾਮਜ਼ਦ ਅਕਾਲੀ ਆਗੂ ਤੇਜਿੰਦਰ ਸਿੰਘ ਨੂੰ ਗ੍ਰਿਫਤਾਰ ਕਰਨ ਦੀ ਮੰਗ ਕਰਦਿਆਂ ਮ੍ਰਿਤਕ ਦੇ ਪਰਿਵਾਰ ਵੱਲੋ ਸਸਕਾਰ ਨਹੀਂ ਕੀਤਾ ਜਾ ਰਿਹਾ ਸੀ। ਉਨ੍ਹਾਂ ਦੀ ਮੰਗ ਸੀ ਕਿ ਤੇਜਿੰਦਰ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਹੀ ਸਸਕਾਰ ਕੀਤਾ ਜਾਵੇਗਾ। ਬੀਤੀ ਰਾਤ ਪੁਲਿਸ ਨੇ ਅਕਾਲੀ ਆਗੂ ਤੇਜਿੰਦਰ ਸਿੰਘ ਇਕੋਲਾਹਾ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ਦੇ ਭਰਾ ਦੀ ਭਾਲ ਜਾਰੀ ਹੈ। ਦੋਸ਼ ਹੈ ਕਿ ਦੋਵੇਂ ਭਰਾਵਾਂ ਨੇ ਸਾਜ਼ਿਸ਼ ਰਚੀ ਸੀ। ਤੇਜਿੰਦਰ ਨੂੰ ਅੱਜ ਬਾਅਦ ਦੁਪਹਿਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।