ਪੰਜਾਬ ਸਰਕਾਰ ਵੱਲੋਂ ਸੜਕ ਦੇ ਇਸ ਪ੍ਰੋਜੈਕਟ ਉੱਪਰ 10.73 ਕਰੋੜ ਰੁਪਏ ਖਰਚੇ ਜਾਣਗੇ
ਅਜਨਾਲਾ, 3 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਬੇਹਤਰ ਸਹੂਲਤਾਂ ਦੇਣ ਲਈ ਰਾਜ ਸਰਕਾਰ ਵੱਲੋਂ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਹ ਪ੍ਰਗਟਾਵਾ ਸੂਬੇ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਡੇਰਾ ਬਾਬਾ ਨਾਨਕ ਨਜ਼ਦੀਕ ਪਿੰਡ ਘੋਨੇਵਾਲ ਤੋਂ ਮਨਸੂਰ ਤੱਕ 10 ਕਿਲੋਮੀਟਰ ਲੰਬੀ ਸੜਕ ਦੀ ਰੀਪੇਅਰ/ਅਪਗ੍ਰੇਡੇਸ਼ਨ ਅਤੇ ਪੁੱਲਾਂ ਦੀ ਉਸਾਰੀ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਬਣਾਈ ਜਾਣ ਵਾਲੀ ਇਸ ਸੜਕ ਦੇ ਪ੍ਰੋਜੈਕਟ ਉੱਪਰ 10.73 ਕਰੋੜ ਰੁਪਏ ਦੀ ਲਾਗਤ ਆਵੇਗੀ।
ਇਸ ਸੜਕ ਦੇ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਵੱਡੀ ਸਹੂਲਤ – ਕੁਲਦੀਪ ਸਿੰਘ ਧਾਲੀਵਾਲ
ਸ. ਧਾਲੀਵਾਲ ਨੇ ਕਿਹਾ ਕਿ ਪਿੰਡ ਘੋਨੇਵਾਲ ਤੋਂ ਮਨਸੂਰ ਤੱਕ ਬਣਨ ਵਾਲੀ ਇਸ ਸੰਪਰਕ ਸੜਕ ਅਤੇ ਪੁੱਲਾਂ ਨਾਲ ਇਸ ਇਲਾਕੇ ਦੇ ਵਸਨੀਕਾਂ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਬਰਸਾਤੀ ਸੀਜ਼ਨ ਦੌਰਾਨ ਦਰਿਆ ਰਾਵੀ ਵਿੱਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਵੀ ਲੋਕਾਂ ਦਾ ਲਾਂਘਾ ਬੰਦ ਨਹੀਂ ਹੋਵੇਗਾ। ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸੂਬੇ ਨੂੰ ਤਰੱਕੀ ਦੀਆਂ ਲੀਹਾਂ ਉੱਪਰ ਤੋਰਨ ਲਈ ਯਤਨ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਅਤੇ ਲੋਕ ਰਾਜ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਖੁਸ਼ ਹਨ।