ਡੇਰਾ ਬਾਬਾ ਨਾਨਕ, 2 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਡੇਰਾ ਬਾਬਾ ਨਾਨਕ-ਬਟਾਲਾ ਮਾਰਗ ’ਤੇ ਪੈਂਦੇ ਚੌਂਕ ਕਾਹਲਾਂਵਾਲੀ ਵਿਖੇ ਨਵੇਂ ਸਾਲ ਵਾਲੇ ਦਿਨ ਵੱਡੀ ਵਾਰਦਾਤ ਵਾਪਰੀ ਹੈ। ਇਥੇ ਦਿਨ ਦਿਹਾੜੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਪਿੰਡ ਜੌੜੀਆਂ ਕਲਾਂ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਹਰਦੀਪ ਸਿੰਘ (35) ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਹਰਦੀਪ ਸਿੰਘ ਅੱਜ ਦੁਪਹਿਰ ਕਰੀਬ ਤਿੰਨ ਵਜੇ ਆਪਣੀ ਦੁਕਾਨ ਦੇ ਬਾਹਰ ਬੈਠਾ ਅੱਗ ਸੇਕ ਰਿਹਾ ਸੀ ਕਿ ਇਸ ਦੌਰਾਨ ਮੋਟਰਸਾਸਾਈਕਲ ’ਤੇ ਆਏ ਨੌਜਵਾਨਾਂ ਨੇ ਦਰਜਨ ਤੋਂ ਵੱਧ ਗੋਲੀਆਂ ਚਲਾ ਕੇ ਹਰਦੀਪ ਸਿੰਘ ਦਾ ਕਤਲ ਕਰ ਦਿਤਾ। ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਐੱਸ.ਐੱਚ.ਓ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਤੋਂ 14 ਗੋਲੀਆਂ ਦੇ ਖੋਲ ਮਿਲੇ ਹਨ ਅਤੇ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਖੰਘਾਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਤਲ ਦੇ ਕਾਰਨਾਂ ਦਾ ਖੁਲਾਸਾ ਤਫ਼ਤੀਸ਼ ਤੋਂ ਬਾਅਦ ਹੀ ਕੀਤਾ ਜਾ ਸਕੇਗਾ।