ਅੰਮ੍ਰਿਤਸਰ 10 ਸਤੰਬਰ (ਰਾਜੇਸ਼ ਡੈਨੀ) – ਪੰਜਾਬ ਵਿਚ ਵਹਿ ਰਹੇ ਨਸ਼ਿਆ ਦੇ ਦਰਿਆ ਨੂੰ ਜੜੋਂ ਖਤਮ ਕਰਨ ਲਈ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਸਟੇਟ ਮੈਂਬਰ ਸਰਬਜੀਤ ਸਿੰਘ ਹੈਰੀ ਵਲੋਂ ‘ਨਸ਼ਾ ਮੁਕਤ ਪੰਜਾਬ’ ਦਾ ਹੋਕਾ ਦਿੰਦੇ ਹੋਏ ਛੇਹਰਟਾ ਚੌਂਕ ਵਿੱਚ ਸਿੰਗਲਮੈਨ ਪ੍ਰੋਟੈਸਟ ਕੀਤਾ ਗਿਆ। ਇਸ ਮੌਕੇ ਸਰਬਜੀਤ ਹੈਰੀ ਨੇ ਕਿਹਾ ਕਿ ਪੰਜਾਬ ਵਿਚ ਮੌਜੂਦਾ ਸਰਕਾਰਾਂ ਨੇ ਨਸ਼ਿਆ ਨੂੰ ਬੜਾਵਾਂ ਦਿੱਤਾ। ਜਿਸ ਕਾਰਨ ਪੰਜਾਬ ਦੀ ਨੋਜਵਾਨੀ ਤੇਜ਼ੀ ਨਾਲ ਖਤਮ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਦਿਨਾਂ ਵਿਚ ਨਸ਼ਿਆਂ ਨਾਲ ਪੰਜਾਬ ਦੇ ਕਈ ਘਰਾਂ ਦੇ ਚਿਰਾਗ ਬੁੱਝ ਗਏ ਹਨ ਅਤੇ ਪੰਜਾਬ ਸਰਕਾਰ ਤੇ ਪੁਲਸ ਪ੍ਰਸ਼ਾਸਨ ਇਸ ਨੂੰ ਰੋਕਣ ਵਿਚ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸ਼ਨ ਵਲੋਂ ਪੰਜਾਬ ਵਿਚੋਂ ਨਸ਼ੇ ਨੂੰ ਖਤਮ ਕਰਨ ਲਈ ਕੋਈ ਉਪਰਾਲਾ ਨਹੀ ਕੀਤਾ ਜਾ ਰਿਹਾ, ਜਿਸ ਕਾਰਨ ਪੰਜਾਬ ਵਿਚ ਨੋਜਵਾਨਾਂ ਅੰਦਰ ਨਸ਼ਿਆ ਦਾ ਰੁਝਾਨ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨੋਜਵਾਨਾਂ ਅੰਦਰ ਨਸ਼ਿਆ ਦਾ ਵੱਧ ਰਿਹਾ ਰੁਝਾਨ ਕਾਫੀ ਚਿੰਤਾ ਦਾ ਵਿਸ਼ਾ ਹੈ, ਜੋ ਕਿ ਪੰਜਾਬ ਵਿਚ ਖਤਮ ਹੋਣ ਦਾ ਨਾਅ ਨਹੀ ਲੈ ਰਿਹਾ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਜਨਤਾ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਵਿਚ ਆਪ ਦੀ ਸਰਕਾਰ ਆਉਣ ਤੋਂ ਬਾਅਦ ਸਭ ਤੋਂ ਪਹਿਲਾਂ ਨਸ਼ਿਆ ਨੂੰ ਪੂਰੇ ਪੰਜਾਬ ਵਿਚੋਂ ਖਤਮ ਕੀਤਾ ਜਾਵੇਗਾ, ਪਰ ਕੁੱਝ ਚਿਰ ਸਰਕਾਰ ਵਲੋਂ ਇਸ ਸਬੰਧੀ ਕਈ ਰੈਲੀਆ ਤੇ ਸਮਾਗਮ ਕਰਵਾਉਣ ਤੋਂ ਬਾਅਦ ਅੱਜ ਵੀ ਨਸ਼ਾ ਉਸੇ ਤਰ੍ਹਾਂ ਬਿੰਨ੍ਹਾਂ ਕਿਸੇ ਰੋਕ ਤੋਂ ਵਿੱਕ ਰਿਹਾ ਹੈ ਅਤੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਭ ਪਤਾ ਹੋਣ ਦੇ ਬਾਵਜੂਦ ਵੀ ਉਹ ਇੰਨ੍ਹਾਂ ਨਸ਼ਾਂ ਤਸਕਰਾਂ ਖਿਲਾਫ ਕੋਈ ਠੋਸ ਕਦਮ ਨਹੀ ਚੁੱਕ ਰਹੇ। ਜਿਸ ਕਾਰਨ ਕਈ ਘਰਾਂ ਦੇ ਚਿਰਾਗ ਬੁੱਝ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਸ਼ੇ ਨੂੰ ਰੋਕਣ ਲਈ ਸਰਕਾਰ ਨੂੰ ਨਸ਼ਾਂ ਤਸਕਰਾਂ ਖਿਲਾਫ ਸਖਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਪੰਜਾਬ ਦੀ ਨੋਜਵਾਨੀ ਨੂੰ ਨਸ਼ੇ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਆਪ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਅੱਖਾਂ ਖੋਲ੍ਹਣ ਲਈ ਉਨ੍ਹਾਂ ਵਲੋਂ ਹਰ ਐਤਵਾਰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਸ਼ਾਂਤਮਈ ਸਿੰਗਲਮੈਨ ਪ੍ਰੋਟੈਸਟ ਕੀਤਾ ਜਾਵੇਗਾ। ਉਨ੍ਹਾਂ ਸਾਰੇ ਸਮਾਜ ਸੇਵੀ ਸੰਗਠਨਾਂ, ਰਾਜਨੀਤਿਕ ਆਗੂਆਂ ਅਤੇ ਹੋਰ ਸਭਾ ਸੁਸਾਇਟੀਆ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਨੂੰ ਰੋਕਣ ਲਈ ਇਕ ਮੰਚ ਤੇ ਇਕੱਠੇ ਹੋਣ ਤਾਂ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।