ਅੰਮ੍ਰਿਤਸਰ, 27 ਅਕਤੂਬਰ (ਐੱਸ.ਪੀ.ਐਨ ਬਿਊਰੋ) – ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ ਦੇ ਬਾਬਾ ਬਕਾਲਾ ਤੋਂ ਪੁਲਿਸ ਨੇ ਦੋ ਨੌਜਵਾਨਾਂ ਨੂੰ ਨਸ਼ੇ ਦੀ ਵੱਡੀ ਖੇਪ ਸਮੇਤ ਕਾਬੂ ਕੀਤਾ ਹੈ।ਦਰਅਸਲ ਪੰਜਾਬ ਪੁਲਿਸ ਨੇ ਖੁਫੀਆ ਸੂਚਨਾ ਦੇ ਆਧਾਰ ‘ਤੇ ਵੱਡੀ ਕਾਰਵਾਈ ਕੀਤੀ ਹੈ। ਅਪਰੇਸ਼ਨ ਦੌਰਾਨ, ਉਨ੍ਹਾਂ ਨੇ ਸਰਹੱਦ ਪਾਰ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਅਤੇ ਹੁਣ ਤੱਕ ਦੀ ਸਭ ਤੋਂ ਵੱਡੀ ਮਾਤਰਾ ਵਿੱਚ ਹੈਰੋਇਨ ਜ਼ਬਤ ਕੀਤੀ। ਇਸ ਕਾਰਵਾਈ ਵਿੱਚ ਪੁਲਿਸ ਨੇ 105 ਕਿਲੋ ਹੈਰੋਇਨ, 31.93 ਕਿਲੋ ਕੈਫੀਨ ਐਨਹਾਈਡ੍ਰਸ, 17 ਕਿਲੋ ਡੀਐਮਆਰ (ਡਾਈਮੇਥਾਈਲ ਡਾਈਥੋਕਸੀ ਬੈਂਜਾਇਲ) ਅਤੇ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਨਸ਼ਾ ਤਸਕਰ ਨਵਪ੍ਰੀਤ ਸਿੰਘ ਨਵ ਭੁੱਲਰ ਦੇ ਦੋ ਸਾਥੀ ਨਵਜੋਤ ਸਿੰਘ ਅਤੇ ਲਵਪ੍ਰੀਤ ਕੁਮਾਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਸਦੀ ਜਾਣਕਾਰੀ ਪੰਜਾਬ ਡੀਜੀਪੀ ਵੱਲੋਂ ਐਕਸ ਹੈਂਡਲ ਉੱਪਰ ਦਿੱਤੀ ਗਈ ਹੈ।
ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਲਈ ਜਲ ਮਾਰਗ ਦੀ ਵਰਤੋਂ ਕੀਤੀ ਜਾਂਦੀ ਸੀ। ਪੁਲਿਸ ਨੇ ਟਾਇਰਾਂ ਤੋਂ ਰਬੜ ਦੀਆਂ ਵੱਡੀਆਂ ਟਿਊਬਾਂ ਵੀ ਬਰਾਮਦ ਕੀਤੀਆਂ ਹਨ, ਜੋ ਦਰਸਾਉਂਦੀਆਂ ਹਨ ਕਿ ਇਨ੍ਹਾਂ ਦੀ ਵਰਤੋਂ ਪਾਣੀ ਦੇ ਰਸਤੇ ਰਾਹੀਂ ਤਸਕਰੀ ਦੌਰਾਨ ਕੀਤੀ ਗਈ ਸੀ। ਤਸਕਰਾਂ ਕੋਲੋਂ 6 ਵਿਦੇਸ਼ੀ ਪਿਸਤੌਲ ਅਤੇ 1 ਦੇਸੀ ਬਣਿਆ ਪਿਸਤੌਲ ਵੀ ਬਰਾਮਦ ਹੋਇਆ ਹੈ, ਜਿਸ ਤੋਂ ਇਸ ਅੰਤਰਰਾਸ਼ਟਰੀ ਨਸ਼ਾ ਤਸਕਰੀ ਦੀ ਗੰਭੀਰਤਾ ਦਾ ਪਤਾ ਲੱਗਦਾ ਹੈ। ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।
ਜਾਣਕਾਰੀ ਲਈ ਦੱਸ ਦੇਈਏ ਕਿ ਪੁਲਿਸ ਹੁਣ ਇਸ ਨਸ਼ਾ ਤਸਕਰੀ ਦੇ ਹੋਰ ਮੈਂਬਰਾਂ ਨੂੰ ਫੜਨ ਲਈ ਜਾਂਚ ਨੂੰ ਅੱਗੇ ਵਧਾ ਰਹੀ ਹੈ। ਬੈਕਵਰਡ ਅਤੇ ਫਾਰਵਰਡ ਲਿੰਕਸ ਸਥਾਪਤ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਸ ਨੈਟਵਰਕ ਵਿੱਚ ਸ਼ਾਮਲ ਹੋਰ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਜਾ ਸਕੇ। ਇਸ ਸਬੰਧੀ ਐਸ.ਐਸ.ਓ.ਸੀ ਪੁਲਿਸ ਨੇ 105 ਕਿਲੋ ਹੈਰੋਇਨ ਅਤੇ ਵਿਦੇਸ਼ੀ ਨਸ਼ਾ ਤਸਕਰ ਗਿਰੋਹ ਦੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ।