ਬਟਾਲਾ, 21 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਬਟਾਲਾ ਦੇ ਨਜ਼ਦੀਕੀ ਪਿੰਡ ਅਕਰਪੁਰਾ ਕਲਾਂ ‘ਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਮਮੂਲੀ ਰੰਜਿਸ਼ ਦੇ ਚਲਦਿਆਂ ਤੇਜ਼ ਹਥਿਆਰਾਂ ਨਾਲ ਇੱਕ ਨੌਜਵਾਨ ਦਾ ਕਤਲ ਕਰ ਦਿਤਾ ਗਿਆ। ਮਿਰਤਕ ਨੌਜਵਾਨ ਦੀ ਪਛਾਣ ਰੋਸ਼ਨਦੀਪ 20 ਸਾਲ ਪੁੱਤਰ ਜੋਗਿੰਦਰ ਸਿੰਘ ਵਾਸੀ ਅਕਰਪੁਰਾ ਕਲਾਂ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਭਰਾ ਨੇ ਦੱਸਿਆ ਕਿ ਬੀਤੀ ਦੇਰ ਰਾਤ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਉਸ ਦੇ ਭਰਾ ਨੂੰ ਘੇਰ ਕੇ ਤੇਜ਼ ਹਥਿਆਰਾਂ ਨਾਲ ਬੁਰੀ ਤਰ੍ਹਾਂ ਵੱਢ ਦਿਤਾ।
ਜਿਸ ਨਾਲ ਉਹ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਉਸ ਨੇ ਦੱਸਿਆ ਕਿ ਗੰਭੀਰ ਜ਼ਖ਼ਮੀ ਹੋਏ ਰੋਸ਼ਨਦੀਪ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ‘ਚ ਡਾਕਟਰਾਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ ਤੇ ਪੁੱਜੇ ਥਾਣਾ ਕਿਲਾ ਲਾਲ ਸਿੰਘ ਦੇ ਐਸਐਚਓ ਹਰਮੀਕ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।