ਅੰਮ੍ਰਿਤਸਰ, 26 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਗੁਰਪ੍ਰੀਤ ਸਿੰਘ, ਕਾਰਜਕਾਰੀ ਇੰਜਨੀਅਰ, ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ), ਅੰਮ੍ਰਿਤਸਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਉਪਰੋਕਤ ਮੁਲਜ਼ਮ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਦਬੁਰਜੀ ਦੇ ਨਿਵਾਸੀ ਗੁਰਦਰਸ਼ਨ ਸਿੰਘ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰ ਕਾਰਵਾਈ ਉਪਰੰਤ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਸ ਨੂੰ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਨੇੜੇ ਪੁੱਡਾ ਵਲੋਂ ਦੁੱਧ ਵਿਕਰੀ ਦਾ ਬੂਥ 2016 ਵਿਚ ਅਲਾਟ ਹੋਇਆ ਸੀ।
ਇਹ ਵੀ ਖਬਰ ਪੜੋ : ਵਿਜੀਲੈਂਸ ਵੱਲੋਂ ਅੰਮ੍ਰਿਤਸਰ ਦੇ ਈ.ਓ ਵਿੰਗ ਵਿੱਚ ਤਾਇਨਾਤ SI 50 ਹਜ਼ਾਰ ਦੀ ਰਿਸ਼ਵਤ ਸਮੇਤ ਰੰਗੇ ਹੱਥੀਂ ਗ੍ਰਿਫਤਾਰ
ਜਦੋਂ ਉਹ ਸਾਲ 2021 ਵਿਚ ਕੈਨੇਡਾ ਚਲਾ ਗਿਆ ਤਾਂ ਉਸ ਦੇ ਪਿਤਾ ਵਲੋਂ ਇਹ ਬੂਥ ਚਲਾਇਆ ਜਾ ਰਿਹਾ ਸੀ। ਉਕਤ ਪੁੱਡਾ ਐਕਸੀਅਨ ਵਲੋਂ ਇਸ ਬੂਥ ਨੂੰ ਚੱਲਦਾ ਰੱਖਣ ਬਦਲੇ 20,000 ਰੁਪਏ ਮਹੀਨਾ ਰਿਸ਼ਵਤ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਉਸ ਨੇ ਅੱਗੇ ਕਿਹਾ ਕਿ ਉਕਤ ਐਕਸੀਅਨ ਨੇ ਉਸ ਨੂੰ ਧਮਕੀ ਦਿਤੀ ਹੈ ਕਿ ਜੇਕਰ ਉਹ ਉਸ ਨੂੰ 20,000 ਦੀ ਮਹੀਨਾ ਰਿਸ਼ਵਤ ਦੇਣ ਵਿਚ ਅਸਫਲ ਰਿਹਾ ਤਾਂ ਉਹ ਉਸ ਦੇ ਬੂਥ ਦੀ ਅਲਾਟਮੈਂਟ ਰੱਦ ਕਰਵਾ ਦੇਵੇਗਾ। ਸ਼ਿਕਾਇਤਕਰਤਾ ਨੇ ਇਹ ਵੀ ਦਸਿਆ ਕਿ ਉਕਤ ਐਕਸੀਅਨ ਪਹਿਲਾਂ ਵੀ ਉਸ ਕੋਲ਼ੋਂ ਇਸੇ ਕੰਮ ਬਦਲੇ ਇਕ ਲੱਖ ਰੁਪਏ ਲੈ ਚੁੱਕਾ ਹੈ।
ਇਹ ਵੀ ਖਬਰ ਪੜੋ : 2 ਮਹੀਨੇ ਪਹਿਲਾਂ ਇਟਲੀ ਗਏ ਨੌਜਵਾਨ ਦੀ ਸੜਕ ਹਾਦਸੇ ਚ ਮੌਤ
ਬੁਲਾਰੇ ਨੇ ਦਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਐਕਸੀਅਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।