ਵਿਜੀਲੈਂਸ ਨੇ 10 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਟਾਈਪਿਸਟ ਨੂੰ ਕੀਤਾ ਗ੍ਰਿਫ਼ਤਾਰ

ਬਠਿੰਡਾ, 11 ਨਵੰਬਰ (ਐੱਸ.ਪੀ.ਐਨ ਬਿਊਰੋ) – ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਨੇ ਜ਼ਿਲ੍ਹਾ ਕੋਰਟ ਕੰਪਲੈਕਸ ਬਠਿੰਡਾ ਵਿੱਚ ਕੰਮ ਕਰਦੇ ਟਾਈਪਿਸਟ ਦੀਪਕ ਕੁਮਾਰ ਨੂੰ ਮਾਲ ਮਹਿਕਮੇ ਦੇ ਕਰਮਚਾਰੀਆਂ ਤੋਂ ਕਥਿਤ 10 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਟਾਈਪਿਸਟ ਦੀਪਕ ਕੁਮਾਰ ਖ਼ਿਲਾਫ਼ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੁਰਜ ਕਾਹਨ ਸਿੰਘ ਵਾਲਾ ਦੇ ਵਸਨੀਕ ਗੁਰਸਹਿਜ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕੀਤੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਕਤ ਟਾਈਪਿਸਟ ਨੇ ਸਬ-ਰਜਿਸਟਰਾਰ ਦਫ਼ਤਰ ਬਠਿੰਡਾ ਵਿੱਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ ਸਬੰਧਤ ਨੰਬਰਦਾਰ ਦੇ ਨਾਲ-ਨਾਲ ਸਬ-ਰਜਿਸਟਰਾਰ ਦੇ ਰੀਡਰ ਅਤੇ ਕਲਰਕ ਨੂੰ ਪੈਸੇ ਦੇਣ ਲਈ 20 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਦਾਅਵਾ ਕੀਤਾ ਸੀ ਕਿ ਉਸ ਦੇ ਵਾਰ-ਵਾਰ ਬੇਨਤੀ ਕਰਨ ’ਤੇ ਮੁਲਜ਼ਮ 10 ਹਜ਼ਾਰ ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ। ਸ਼ਿਕਾਇਤਕਰਤਾ ਨੇ ਟਾਈਪਿਸਟ ਅਤੇ ਉਸ ਦਰਮਿਆਨ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਸ਼ਿਕਾਇਤ ਦੀ ਜਾਂਚ ਦੌਰਾਨ ਦੋਸ਼ ਸਹੀ ਪਾਏ ਜਾਣ ’ਤੇ ਕੇਸ ਦਰਜ ਕੀਤਾ ਗਿਆ ਹੈ। ਅਗਲੇਰੀ ਜਾਂਚ ਦੌਰਾਨ ਹੋਰਨਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।

You May Also Like