ਵਿਜੀਲੈਂਸ ਨੇ 10,000 ਰੁਪਏ ਰਿਸ਼ਵਤ ਲੈਂਦਿਆਂ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਫਿਰੋਜ਼ਪੁਰ, 19 ਜੁਲਾਈ (ਐੱਸ.ਪੀ.ਐਨ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐੱਸਆਈ) ਗੁਰਮੇਲ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਮੌਕੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਰਾਜ ਕੁਮਾਰ ਵਾਸੀ ਬੱਲੂਆਣਾ, ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਦੇ ਭਰਾ ਮਦਨ ਲਾਲ, ਏਐੱਸਆਈ ਵਿਰੁੱਧ ਫਿਰੋਜ਼ਪੁਰ ਥਾਣਾ ਸ਼ਹਿਰੀ ਵਿਖੇ ਜੁਲਾਈ 2023 ਵਿੱਚ ਪੁਲਿਸ ਕੇਸ ਦਰਜ ਹੋਇਆ ਸੀ ਅਤੇ ਉਕਤ ਏਐੱਸਆਈ ਗੁਰਮੇਲ ਸਿੰਘ ਇਸ ਮੁਕੱਦਮੇ ਵਿੱਚ ਤਫਤੀਸ਼ੀ ਅਫਸਰ (ਆਈਓ) ਸੀ।

ਗੁਰਮੇਲ ਸਿੰਘ ਨੇ ਸ਼ਿਕਾਇਤਕਰਤਾ ਦੇ ਭਰਾ ਖ਼ਿਲਾਫ਼ ਇਹ ਕੇਸ ਦਰਜ ਹੋਣ ਸਮੇਂ ਵੀ 10 ਹਜ਼ਾਰ ਰੁਪਏ ਲਏ ਸਨ। ਇਸ ਮੁਕੱਦਮੇ ਦੌਰਾਨ ਸ਼ਿਕਾਇਤਕਰਤਾ ਦੇ ਭਰਾ ਦੀ ਇੱਕ ਹਾਦਸੇ ਵਿੱਚ ਮੌਤ ਹੋ ਗਈ ਅਤੇ ਉਕਤ ਆਈਓ ਗੁਰਮੇਲ ਸਿੰਘ ਨੇ ਉਸਦੇ ਭਰਾ ਦੀ ਮੌਤ ਬਾਰੇ ਅਦਾਲਤ ਵਿੱਚ ਰਿਪੋਰਟ ਪੇਸ਼ ਕਰਨੀ ਸੀ ਤਾਂ ਜੋ ਪਰਿਵਾਰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀ ਲੈਣ ਲਈ ਅਰਜ਼ੀ ਦੇ ਸਕੇ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਏਐਸਆਈ ਵੱਲੋਂ ਇਸ ਕੰਮ ਬਦਲੇ ਵੀ 10,000 ਰੁਪਏ ਰਿਸ਼ਵਤ ਦੀ ਮੰਗ ਰਿਹਾ ਹੈ।

ਦੋਸ਼ਾਂ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਏਐਸਆਈ ਗੁਰਮੇਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਕਤ ਏਐੱਸਆਈ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

You May Also Like