ਚੰਡ੍ਹੀਗੜ੍ਹ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਨੂੰ ਲੁੱਟ ਕੇ ਅਰਬਾਂ ਦੀ ਚੱਲ-ਅਚੱਲ ਜਾਇਦਾਦ ਬਣਾਉਣ ਵਾਲੀ ਚਿਟ ਫੰਡ ਕੰਪਨੀ ਪਰਲਜ਼ ਗੋਲਡਨ ਫੋਰੈਸਟ (ਪੀਜੀਐਫ) ਲਿਮਟਿਡ ’ਤੇ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਬਿਊਰੋ ਪੰਜਾਬ ਨੇ ਵੀਰਵਾਰ ਨੂੰ ਪੀਜੀਐਫ ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ ਭੰਗੂ ਦੀ ਪਤਨੀ ਪ੍ਰੇਮ ਕੌਰ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਜੋ ਕਿ ਤਫ਼ਤੀਸ਼ ਵਿੱਚ ਸ਼ਾਮਲ ਨਾ ਹੋ ਕੇ ਗ੍ਰਿਫ਼ਤਾਰੀ ਤੋਂ ਬਚਦੀ ਆ ਰਹੀ ਸੀ। ਉਸ ਨੂੰ ਪੀਏਸੀਐੱਲ ਲਿਮਟਿਡ ਨਾਲ ਸਬੰਧਤ ਜਾਇਦਾਦਾਂ ਨੂੰ ਹੜੱਪਣ ਦੇ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ। ਉਸ ਨੇ ਪੰਜਾਬ ਵਿੱਚ ਪੀਏਸੀਐਲ ਤੇ ਪੀਜੀਐਫ ਦੀਆਂ ਸਹਾਇਕ/ਸਮੂਹ ਕੰਪਨੀਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਸਬੰਧਤ ਜਾਇਦਾਦਾਂ ਨੂੰ ਵੇਚਣ ਲਈ ਆਪਣੇ ਨਜ਼ਦੀਕੀਆਂ ਨੂੰ ਅਧਿਕਾਰਤ ਕੀਤਾ ਹੋਇਆ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪ੍ਰੇਮ ਕੌਰ ਪੀਏਸੀਐਲ ਦੀਆਂ ਕਈ ਸਮੂਹ/ਸਬਸਿਡਰੀ ਕੰਪਨੀਆਂ ਵਿੱਚ ਡਾਇਰੈਕਟਰ ਵੀ ਰਹਿ ਚੁੱਕੀ ਹੈ, ਜਿਨ੍ਹਾਂ ਵਿੱਚ ਗਿਆਨ ਸਾਗਰ ਹੈਲਥਕੇਅਰ ਲਿਮਟਿਡ, ਅੱਪਹਿਲ ਟਾਵਰਜ਼ ਪ੍ਰਾਈਵੇਟ ਲਿਮਟਿਡ, ਮਕਤੂਮ ਡਿਵੈਲਪਰਜ਼ ਪ੍ਰਾਈਵੇਟ ਲਿਮਟਿਡ, ਪਰਲਜ਼ ਹਾਸਪਿਟੈਲਿਟੀ ਹੋਟਲਜ਼ ਐਂਡ ਰਿਜ਼ੋਰਟਜ਼ ਪ੍ਰਾਈਵੇਟ ਲਿਮਟਿਡ, ਵਾਲੀਆ ਐਂਡ ਮਜ਼ੂਮਦਾਰ ਰਿਅਲੇਟਰਜ਼ ਪ੍ਰਾਈਵੇਟ ਲਿਮਟਿਡ, ਵਾਲੀਆ ਐਂਡ ਮਜ਼ੂਮਦਾਰ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਹਰਵਿੰਦਰਾ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ, ਪਰਲਜ਼ ਸਪੋਰਟਸ ਵੈਂਚਰਜ਼ ਇੰਡੀਆ ਲਿਮਟਿਡ ਅਤੇ ਪਰਲਜ਼ ਬ੍ਰਾਂਡਜ਼ ਲਿਮਟਿਡ ਸ਼ਾਮਲ ਹਨ। ਉਸ ਦੇ ਪਤੀ ਨਿਰਮਲ ਸਿੰਘ ਭੰਗੂ, ਮੈਨੇਜਿੰਗ ਡਾਇਰੈਕਟਰ, ਪੀਜੀਐਫ ਲਿਮਟਿਡ ਨੂੰ ਪਹਿਲਾਂ ਹੀ ਸੀਬੀਆਈ ਦੁਆਰਾ ਪੀਜੀਐਫ/ਪੀਏਸੀਐਲ ਲਿਮਟਿਡ ਵੱਲੋਂ ਚਲਾਏ ਚਿੱਟ ਫੰਡ (ਪੋਂਜ਼ੀ) ਘੁਟਾਲੇ ਵਿੱਚ ਗ੍ਰਿਫਤਾਰ ਕਰਕੇ ਚਾਰਜਸ਼ੀਟ ਕੀਤਾ ਹੋਇਆ ਹੈ। ਇਸ ਸਕੀਮ ਵਿੱਚ ਪੰਜਾਬ ਸਮੇਤ ਵੱਖ-ਵੱਖ ਰਾਜਾਂ ਦੇ ਲਗਭਗ 5 ਕਰੋੜ ਭੋਲੇ-ਭਾਲੇ ਨਿਵੇਸ਼ਕਾਂ ਵੱਲੋਂ 50,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਸੀ।