ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਸੀਨੀਅਰ ਐਕਸੀਅਨ 45,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਵਿੱਢੀ ਮੁਹਿੰਮ ਦੌਰਾਨ ਸ਼ੁਕਰਵਾਰ ਨੂੰ ਪੀ.ਐਸ.ਪੀ.ਸੀ.ਐਲ ਦਫਤਰ ਲਹਿਰਾ, ਸੰਗਰੂਰ ਵਿਖੇ ਤਾਇਨਾਤ ਸੀਨੀਅਰ ਕਾਰਜਕਾਰੀ ਇੰਜੀਨੀਅਰ (ਐਕਸ.ਈ.ਐਨ.) ਮੁਨੀਸ਼ ਕੁਮਾਰ ਜਿੰਦਲ ਨੂੰ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਉਪਰੋਕਤ ਮੁਲਜ਼ਮ ਨੂੰ ਲਹਿਰਾ ਬਲਾਕ ਦੇ ਪਿੰਡ ਹਰਿਆਉ ਦੇ ਰਹਿਣ ਵਾਲੇ ਸੁਖਚੈਨ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦਸਿਆ ਕਿ ਉਸ ਦਾ ਰਿਸ਼ਤੇਦਾਰ ਮੇਜਰ ਸਿੰਘ ਵਾਸੀ ਪਿੰਡ ਢੀਂਡਸਾ, ਬਲਾਕ ਲਹਿਰਾ ਅਪਣਾ ਟਿਊਬਵੈੱਲ ਕੁਨੈਕਸ਼ਨ ਪਿੰਡ ਛਾਜਲੀ ਵਿਚ ਤਬਦੀਲ ਕਰਨਾ ਚਾਹੁੰਦਾ ਹੈ।

ਮੇਜਰ ਸਿੰਘ ਬਜੁਰਗ ਵਿਅਕਤੀ ਹੋਣ ਕਾਰਨ ਸ਼ਿਕਾਇਤਕਰਤਾ ਸੁਖਚੈਨ ਸਿੰਘ ਨੂੰ ਕੁਨੈਕਸ਼ਨ ਟਰਾਂਸਫਰ ਕਰਵਾਉਣ ਲਈ ਅਪਣੇ ਕੇਸ ਦੀ ਪੈਰਵੀ ਕਰਨ ਲਈ ਕਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦਸਿਆ ਕਿ ਜਦੋਂ ਉਹ ਇਸ ਸਬੰਧੀ ਐਕਸੀਅਨ ਮੁਨੀਸ਼ ਕੁਮਾਰ ਜਿੰਦਲ ਨੂੰ ਮਿਲਿਆ ਤਾਂ ਉਸ ਨੇ ਇਸ ਟਿਊਬਵੈੱਲ ਕੁਨੈਕਸ਼ਨ ਨੂੰ ਤਬਦੀਲ ਕਰਨ ਲਈ 45000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦਸਿਆ ਕਿ ਬਿਊਰੋ ਦੀ ਪਟਿਆਲਾ ਰੇਂਜ ਨੇ ਮੁਢਲੀ ਜਾਂਚ ਉਪਰੰਤ ਜਾਲ ਵਿਛਾਇਆ ਅਤੇ ਉਪਰੋਕਤ ਸੀਨੀਅਰ ਐਕਸੀਅਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੇ ਥਾਣੇ ਵਿਚ ਮੁਨੀਸ਼ ਕੁਮਾਰ ਜਿੰਦਲ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

You May Also Like