ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਅਕਾਲ ਚਲਾਣਾ ਦੁਖਦਾਈ – ਐਡਵੋਕੇਟ ਧਾਮੀ

ਅੰਮ੍ਰਿਤਸਰ, 27 ਅਗਸਤ (ਰਾਜੇਸ਼ ਡੈਨੀ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਿਥੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਕਥਾਵਾਚਕ ਦੀਆਂ ਸੇਵਾਵਾਂ ਨਿਭਾਈਆਂ ਉਥੇ ਲੰਬਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਗ੍ਰੰਥੀ ਦੀ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਬਾਣੀ ਬਾਣੇ ਨਾਲ ਜੋੜਿਆ ਅਤੇ ਗੁਰੂ ਦਰਸਾਏ ਮਾਰਗ ਤੇ ਚੱਲਣ ਦੀ ਪ੍ਰੇਰਨਾ ਕੀਤੀ। ਗਿਆਨੀ ਜਗਤਾਰ ਸਿੰਘ ਸਿਧਾਂਤਕ ਪੁਰਸ਼ ਸਨ ਜਿਨ੍ਹਾਂ ਨੇ ਸਿੱਖੀ ਦੀਆਂ ਕਦਰਾਂ ਕੀਮਤਾਂ ਨੂੰ ਦੁਨੀਆ ਵਿਚ ਫੈਲਾਉਣ ਲਈ ਹਮੇਸ਼ਾਂ ਸੰਜੀਦਾ ਪਹੁੰਚ ਅਪਨਾਈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੀ ਸਖ਼ਸ਼ੀਅਤ ਦਾ ਚਲਾਣਾ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਵੱਡਾ ਘਾਟਾ ਹੈ ਜਿਸ ਦੀ ਪੂਰਤੀ ਨਹੀਂ ਹੋ ਸਕਦੀ। ਐਡਵੋਕੇਟ ਧਾਮੀ ਨੇ ਦਰਵੇਸ਼ ਪੁਰਸ਼ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਸਿੰਘ ਸਾਹਿਬ ਦੇ ਚਲਾਣੇ ‘ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰੀਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਸਮੇਤ ਸ਼੍ਰੋਮਣੀ ਕਮੇਟੀ ਦੇ ਵੱਖ ਵੱਖ ਮੈਂਬਰਾਂ ਅਤੇ ਅਧਿਕਾਰੀਆਂ ਨੇ ਵੀ ਗਹਿਰਾ ਅਫਸੋਸ ਪ੍ਰਗਟ ਕੀਤਾ।

You May Also Like