ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਖ਼ਾਲਸਾਈ ਜਾਹੋ ਜਲਾਲ ਨਾਲ ਆਰੰਭ

ਸ੍ਰੀ ਅਨੰਦਪੁਰ ਸਾਹਿਬ, 10 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਸ਼੍ਰੋਮਣੀ ਕਮੇਟੀ ਵੱਲੋਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਅੱਜ ਖ਼ਾਲਸਈ ਜਾਹੋ-ਜਲਾਲ ਨਾਲ ਆਰੰਭ ਹੋਇਆ, ਜੋ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ’ਤੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ 16 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸੰਪੰਨ ਹੋਵੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਕੀਰਤਨ ਹੋਇਆ।

ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਮਾਨਵਤਾ ਦੇ ਸੰਸਾਰੀ ਅਤੇ ਆਤਮਿਕ ਕਲਿਆਣ ਲਈ ਕੀਤੇ ਪਰਉਪਕਾਰਾਂ ਦੀ ਮਿਸਾਲ ਦੁਨੀਆ ਵਿੱਚ ਹੋਰ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ ਦਸਮ ਪਾਤਸ਼ਾਹ ਜੀ ਦਾ ਪ੍ਰਕਾਸ਼ ਗੁਰਪੁਰਬ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੌਮੀ ਪੱਧਰ ’ਤੇ ਮਨਾਉਣ ਦਾ ਫੈਸਲਾ ਸ਼ਲਾਘਾਯੋਗ ਹੈ। ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਅਪੀਲ ਕੀਤੀ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਉੱਤੇ ਕੱਢੇ ਜਾ ਰਹੇ ਨਗਰ ਦਾ ਭਰਵਾਂ ਸਵਾਗਤ ਕਰਨ ਦੇ ਨਾਲ-ਨਾਲ ਸ਼ਮੂਲੀਅਤ ਕੀਤੀ ਜਾਵੇ। ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ਵਿੱਚ ਸੰਗਤ ਨੂੰ ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਪਾਵਨ ਧਰਤੀ ਤੋਂ ਖ਼ਾਲਸਾ ਪੰਥ ਦੀ ਸਾਜਣਾ ਕਰਕੇ ਮਨੁੱਖੀ ਬਰਾਬਰੀ ਅਤੇ ਧਾਰਮਿਕ ਅਜ਼ਾਦੀ ਵਾਸਤੇ ਜਬਰ ਜੁਲਮ ਦੇ ਖਿਲਾਫ ਸੰਘਰਸ਼ ਲਈ ਸਮਾਜ ਅੰਦਰ ਜਜ਼ਬਾ ਪੈਦਾ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਸਮਾਗਮਾਂ ਮਨਾਉਣੇ ਸਿੱਖ ਕੌਮ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੌਮੀ ਪੱਧਰ ਮਨਾਉਣ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨੂੰ ਭਵਿੱਖ ਵਿਚ ਵੀ ਲਗਾਤਾਰ ਜਾਰੀ ਰੱਖਿਆ ਜਾਵੇਗਾ।

ਨਗਰ ਕੀਰਤਨ ਦੀ ਸ਼ੁਰੂਆਤ ਸਮੇਂ ਜਿਥੇ ਪੰਜਾਬ ਪੁਲਿਸ ਦੀ ਟੀਮ ਨੇ ਗੁਰੂ ਸਾਹਿਬ ਨੂੰ ਸਲਾਮੀ ਦੇ ਕੇ ਸਤਿਕਾਰ ਭੇਟ ਕੀਤਾ, ਉੱਥੇ ਹੀ ਸਕੂਲੀ ਬੱਚਿਆਂ ਦੀ ਬੈਂਡ ਅਤੇ ਐਨਸੀਸੀ ਪਾਰਟੀਆਂ ਨੇ ਸ਼ਮੂਲੀਅਤ ਕੀਤੀ ਅਤੇ ਗਤਕਾ ਟੀਮਾਂ ਨੇ ਗਤਕੇ ਦੇ ਜੌਹਰ ਦਿਖਾਏ। ਇਸ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਦੇ ਬਜ਼ਾਰਾਂ ਵਿੱਚ ਸੰਗਤ ਨੇ ਨਗਰ ਕੀਰਤਨ ’ਤੇ ਫੁੱਲਾਂ ਦੀ ਵਰਖਾ ਕਰਦਿਆਂ ਸਵਾਗਤ ਕੀਤਾ ਅਤੇ ਗੁਰੂ ਸਾਹਿਬ ਨੂੰ ਨਤਮਸਤਕ ਹੋਏ। ਰਸਤੇ ਵਿੱਚ ਵੀ ਵੱਖ-ਵੱਖ ਪੜਾਵਾਂ ’ਤੇ ਵੀ ਸੰਗਤ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਨਗਰ ਕੀਰਤਨ ਦੌਰਾਨ ਇਕ ਵਿਸ਼ੇਸ਼ ਬੱਸ ਵਿਚ ਗੁਰੂ ਸਾਹਿਬਾਨ ਦੇ ਇਤਿਹਾਸ ਸਸ਼ਤਰ ਬਸਤਰ ਵੀ ਸੁਸ਼ੋਭਿਤ ਕੀਤੀ ਗਏ ਹਨ, ਜਿਨ੍ਹਾਂ ਪ੍ਰਤੀ ਸੰਗਤ ਵਿਚ ਭਾਰੀ ਉਤਸ਼ਾਹ ਹੈ। ਅੱਜ ਇਹ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋ ਕੇ ਕੀਰਤਪੁਰ ਸਾਹਿਬ, ਬੁੰਗਾ ਸਾਹਿਬ, ਭਰਤਗੜ੍ਹ, ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ, ਘਨੌਲੀ, ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਤੋਂ ਹੁੰਦਾ ਹੋਇਆ ਖਾਬੜਾ, ਬੂਰ ਮਾਜਰਾ, ਜੱਸੜ, ਡੁਗਰੀ ਰਾਹੀਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਵਿਖੇ ਰਾਤਰੀ ਵਿਸ਼ਰਾਮ ਕਰੇਗਾ, ਜਿਥੋਂ ਭਲਕੇ 11 ਜਨਵਰੀ ਨੂੰ ਅਗਲੇ ਪੜਾਅ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲਈ ਰਵਾਨਾ ਹੋਵੇਗਾ।

You May Also Like