ਲੁਧਿਆਣਾ, 21 ਅਗਸਤ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਜ਼ਿਲ੍ਹੇ ਦੇ ਪਿੰਡ ਧਨਾਨਸੂ ਵਿੱਚ ਦੇਰ ਰਾਤ ਦੋ ਗੁਆਂਢੀਆਂ ਵਿੱਚ ਖੂਨੀ ਝੜਪ ਹੋ ਗਈ। ਇਸ ਦੌਰਾਨ ਇੱਕ ਬਜ਼ੁਰਗ ਵਿਅਕਤੀ ਦੇ ਸਿਰ ਵਿੱਚ ਇੱਟਾਂ ਮਾਰੀਆਂ ਗਈਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਝਗੜਾ ਕੰਧ ਦੀ ਮੁਰੰਮਤ ਨੂੰ ਲੈ ਕੇ ਹੋਇਆ। ਪਹਿਲਾਂ ਮਾਮੂਲੀ ਤਕਰਾਰ ਹੋਈ ਪਰ ਪੁਰਾਣੀ ਰੰਜਿਸ਼ ਕਾਰਨ ਗੱਲ ਹੱਥੋਪਾਈ ਤੱਕ ਪਹੁੰਚ ਗਈ। ਮ੍ਰਿਤਕ ਦੇ ਲੜਕੇ ਜਸਵੰਤ ਸਿੰਘ ਨੇ ਦੱਸਿਆ ਕਿ ਉਸ ਦੇ ਗੁਆਂਢੀ ਚਿੱਟੇ ਤੇ ਨਸ਼ੇ ਦਾ ਕਾਰੋਬਾਰ ਕਰਦੇ ਹਨ। ਉਸ ਦੇ ਪਿਤਾ ਉਨ੍ਹਾਂ ਨੂੰ ਰੋਕਦਾ ਸੀ। ਇਸੇ ਦੁਸ਼ਮਣੀ ਕਾਰਨ ਉਸ ਦੇ ਪਿਤਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਕਤਲ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਮ੍ਰਿਤਕ ਦੀ ਪਛਾਣ ਸੰਤੋਖ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਲੜਕੇ ਜਸਵੰਤ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢੀ ਕੰਧ ਦੀ ਮੁਰੰਮਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਘਰ ਕੰਧ ਦਾ ਮਲਬਾ ਡਿੱਗ ਰਿਹਾ ਸੀ। ਜਦੋਂ ਪਿਤਾ ਸ਼ਿਕਾਇਤ ਕਰਨ ਉਨ੍ਹਾਂ ਦੇ ਘਰ ਗਿਆ ਤਾਂ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਮੁਲਜ਼ਮਾਂ ਨੇ ਉਸ ’ਤੇ ਇੱਟਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਪੁਲਿਸ ਦੇ ਮੌਕੇ ’ਤੇ ਪਹੁੰਚਣ ਤੋਂ ਪਹਿਲਾਂ ਹੀ ਮੁਲਜ਼ਮ ਫ਼ਰਾਰ ਹੋ ਗਏ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
ਲੁਧਿਆਣਾ ਜ਼ਿਲ੍ਹੇ ਦੇ ਪਿੰਡ ਧਨਾਨਸੂ ਚ ਗੁਆਂਢੀਆਂ ਦੀ ਹੋਈ ਖੂਨੀ ਝੜਪ, ਬਜ਼ੁਰਗ ਵਿਅਕਤੀ ਦੇ ਸਿਰ ਚ ਇੱਟਾਂ ਮਾਰ ਕੇ ਕੀਤਾ ਕਤਲ
