ਵਿਜੀਲੈਂਸ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦੋ ਕਰੀਬੀ ਗ੍ਰਿਫ਼ਤਾਰ

ਬਠਿੰਡਾ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਵਿਜੀਲੈਂਸ ਬਿਊਰੋ ਨੇ ਪਲਾਟ ਖ਼ਰੀਦ ਮਾਮਲੇ ਵਿਚ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦੋ ਕਰੀਬੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਅਕਤੀਆਂ ਦੀ ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਠਿੰਡਾ ’ਚ ਖ਼ਰੀਦੇ ਗਏ ਪਲਾਟ ਮਾਮਲੇ ਵਿਚ ਭੂਮਿਕਾ ਦੱਸੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਨਾਂ ਅਮਨਦੀਪ ਅਤੇ ਰਾਜੀਵ ਕੁਮਾਰ ਹਨ। ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਬਠਿੰਡਾ (ਸ਼ਹਿਰੀ) ਤੋਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਪਲਾਟ ਖ਼ਰੀਦ ਮਾਮਲੇ ’ਚ ਕਥਿਤ ਬੇਨਿਯਮੀਆਂ ਦੇ ਦੋਸ਼ ਲਾ ਕੇ ਵਿਜੀਲੈਂਸ ਕੋਲ ਤਤਕਾਲੀ ਕਾਂਗਰਸ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਉਸੇ ਸ਼ਿਕਾਇਤ ਦੇ ਆਧਾਰ ’ਤੇ ਵਿਜੀਲੈਂਸ ਵੱਲੋਂ ਕੁਝ ਸਮਾਂ ਪਹਿਲਾਂ ਮਨਪ੍ਰੀਤ ਬਾਦਲ ਨੂੰ ਪੁੱਛ-ਪੜਤਾਲ ਲਈ ਬਠਿੰਡਾ ਸਥਿਤ ਦਫ਼ਤਰ ਵਿਚ ਬੁਲਾਇਆ ਗਿਆ ਸੀ।

ਸੂਤਰਾਂ ਮੁਤਾਬਕ ਇੱਥੇ ਵਿਜੀਲੈਂਸ ਥਾਣੇ ਵਿੱਚ ਅੱਜ ਸ਼ਾਮ ਮਨਪ੍ਰੀਤ ਸਿੰਘ ਬਾਦਲ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਇਹ ਦੋ ਗ੍ਰਿਫ਼ਤਾਰੀਆਂ ਹੋਈਆਂ ਹਨ। ਮੁਲਜ਼ਮਾਂ ਵਿਚ ਕਾਰੋਬਾਰੀ ਰਾਜੀਵ ਗੋਇਲ, ਅਮਨਦੀਪ ਸਿੰਘ, ਬੀ.ਡੀ.ਏ ਦੇ ਤਤਕਾਲੀ ਪ੍ਰਸ਼ਾਸਕੀ ਅਧਿਕਾਰੀ ਬਿਕਰਮ ਸ਼ੇਰਗਿੱਲ ਤੇ ਬੀਡੀਏ ਦੇ ਸੁਪਰਡੈਂਟ ਪ੍ਰਦੀਪ ਕਾਲੀਆ ਵੀ ਸ਼ਾਮਲ ਹਨ। ਗੌਰਤਲਬ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸਰੂਪ ਚੰਦ ਸਿੰਗਲਾ ਅਤੇ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ (ਸ਼ਹਿਰੀ) ਸੀਟ ਤੋਂ ਚੋਣ ਲੜੀ ਸੀ ਅਤੇ ਇਸ ਚੋਣ ’ਚ ਦੋਵੇਂ ਹਾਰ ਗਏ ਸਨ। ਹਾਰ ਤੋਂ ਬਾਅਦ ਦੋਵਾਂ ਨੇ ਭਾਜਪਾ ਵਿੱਚ ਸ਼ਮੂਲੀਅਤ ਕਰ ਲਈ ਸੀ। ਸਿੰਗਲਾ ਵਰਤਮਾਨ ਸਮੇਂ ਭਾਜਪਾ ਜ਼ਿਲ੍ਹਾ ਬਠਿੰਡਾ (ਸ਼ਹਿਰੀ) ਦੇ ਪ੍ਰਧਾਨ ਹਨ। ਅੱਜ ਸਰੂਪ ਚੰਦ ਸਿੰਗਲਾ ਨੇ ਦੁਹਰਾਇਆ ਕਿ ਉਨ੍ਹਾਂ ਮਨਪ੍ਰੀਤ ਬਾਦਲ ਖ਼ਿਲਾਫ਼ ਜੋ ਸ਼ਿਕਾਇਤ ਵਿਜੀਲੈਂਸ ਕੋਲ ਕੀਤੀ ਸੀ, ਉਹ ਸੌ ਫੀਸਦੀ ਸਹੀ ਸੀ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਦੇ ਵਿੱਤ ਮੰਤਰੀ ਹੁੰਦਿਆਂ ਅਫ਼ਸਰਸ਼ਾਹੀ ਮਨਫ਼ੀ ਸੀ ਅਤੇ ਬਠਿੰਡਾ ਹਲਕੇ ’ਚ ਉਨ੍ਹਾਂ ਦੀ ਹੀ ‘ਚੱਲਦੀ’ ਸੀ।

You May Also Like