ਚੰਡ੍ਹੀਗੜ੍ਹ, 13 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਗ੍ਰਿਫ਼ਤਾਰ ਹੋਏ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਰਾਹਤ ਮਿਲੀ ਹੈ। ਸੋਨੀ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਗ੍ਰਿਫ਼ਤਾਰੀ ਦੇ ਲਗਭਗ 3 ਮਹੀਨੇ ਬਾਅਦ ਜ਼ਮਾਨਤ ਦੇ ਦਿੱਤੀ ਹੈ। ਦੋ ਦਿਨ ਲਗਾਤਾਰ ਚੱਲੀ ਬਹਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਅੰਤ੍ਰਿਮ ਜ਼ਮਾਨਤ ਦਿੱਤੀ ਹੈ। ਇਹ ਰਾਹਤ ਉਨ੍ਹਾਂ ਨੂੰ ਮੈਡੀਕਲ ਸਟੇਟਸ ਰਿਪੋਰਟ ਦੇ ਆਧਾਰ’ਤੇ ਦਿੱਤੀ ਗਈ ਹੈ।
ਅੰਮ੍ਰਿਤਸਰ ਅਦਾਲਤ ਵਿਚ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਸੋਨੀ ਵਲੋਂ ਹਾਈਕੋਰਟ ਵਿਚ ਅਪੀਲ ਕੀਤੀ ਗਈ ਸੀ। ਬੀਤੇ ਦਿਨੀਂ ਵੀਰਵਾਰ ਨੂੰ ਵੀ ਇਸ ਮਾਮਲੇ ਨੂੰ ਲੈ ਕੇ 2 ਘੰਟੇ ਬਹਿਸ ਚੱਲੀ। ਜਿਸ ਤੋਂ ਬਾਅਦ ਜੱਜ ਨੇ ਮਾਮਲੇ ਨੂੰ ਅੱਜ ਤਕ ਲਈ ਮੁਲਤਵੀ ਕਰ ਦਿੱਤਾ ਸੀ। ਅੱਜ ਸਵੇਰੇ ਹੀ ਸੋਨੀ ਅਦਾਲਤ ਵਿਚ ਪੇਸ਼ ਹੋਏ ਅਤੇ ਦੋਵਾਂ ਪੱਖਾਂ ਦਰਮਿਆਨ ਬਹਿਸ ਛਿੜੀ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਓ. ਪੀ. ਸੋਨੀ ਨੂੰ ਜ਼ਮਾਨਤ ਦੇ ਦਿੱਤੀ।