ਫਿਰੋਜ਼ਪੁਰ, 7 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਫਿਲਪੀਨਸ ਦੇ ਸ਼ਹਿਰ ਮਨੀਲਾ ‘ਚ ਕੰਮ ਕਰਦੇ ਪੰਜਾਬੀ ਨੌਜਵਾਨਾਂ ਦੇ ਕਤਲ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਵਾਰਦਾਤ ਨੂੰ ਅੰਜਾਮ ਦਿੰਦਿਆਂ ਹਮਲਾਵਰਾਂ ਵੱਲੋਂ ਫਿਰੋਜ਼ਪੁਰ ਦੇ ਪਿੰਡ ਉਗੋਕੇ ਦੇ ਇਕ ਨੌਜਵਾਨ ਲਖਵਿੰਦਰ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਲਖਵਿੰਦਰ ਸਿੰਘ ਚਾਰ ਸਾਲ ਪਹਿਲੋਂ ਰੋਜ਼ੀ-ਰੋਟੀ ਦੀ ਤਲਾਸ਼ ‘ਚ ਮਨੀਲਾ ਗਿਆ ਸੀ। ਲਖਵਿੰਦਰ ਦੇ ਕਤਲ ਸਬੰਧੀ ਪਤਾ ਲੱਗਦਿਆ ਹੀ ਇਲਾਕੇ ‘ਚ ਸੋਗ ਦੀ ਲਹਿਰ ਹੈ।
ਇਹ ਵੀ ਪੜੋ : ਵਿਜੀਲੈਂਸ ਨੇ ਏ.ਐਸ.ਆਈ ਨੂੰ 1,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ
ਉੱਥੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਲਖਵਿੰਦਰ ਦੇ ਪਿਤਾ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲਖਵਿੰਦਰ ਸਿੰਘ (27) 4 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਮਨੀਲਾ ਗਿਆ ਸੀ ਤੇ ਉੱਥੇ ਫਾਈਨਾਂਸ ਦਾ ਕੰਮ ਕਰਦਾ ਸੀ। ਬੀਤੇ ਦਿਨ ਜਦੋਂ ਉਹ ਸਵੇਰੇ ਕੰਮ ‘ਤੇ ਜਾ ਰਿਹਾ ਸੀ ਤਾਂ ਰਸਤੇ ‘ਚ ਕਿਸੇ ਨੇ ਗੋਲ਼ੀ ਮਾਰ ਦਿੱਤੀ। ਇਹ ਹੱਤਿਆ ਲੁੱਟ-ਖੋਹ ਲਈ ਨਹੀਂ ਕੀਤੀ ਗਈ ਕਿਉਂਕਿ ਲਖਵਿੰਦਰ ਦੀ ਲਾਸ਼ ਕੋਲ ਪੈਸੇ ਪਏ ਹੋਏ ਸਨ। ਉਨ੍ਹਾਂ ਸ਼ੱਕ ਜਤਾਇਆ ਕਿ ਇਹ ਹੱਤਿਆ ਰੰਜਿਸ਼ ਤਹਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਲਖਵਿੰਦਰ ਨੇ ਇਕ ਵਾਰ ਉਨ੍ਹਾਂ ਨੂੰ ਦੱਸਿਆ ਸੀ ਕਿ ਉਸ ਨੂੰ ਲੱਗਦਾ ਹੈ ਜਿਵੇਂ ਕੋਈ ਉਸ ਦਾ ਪਿੱਛਾ ਕਰ ਰਿਹਾ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਘਰ ਵਿਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰ ਇਨਸਾਫ਼ ਦੀ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਕਰਨ ਵਾਲੇ ਲੋਕਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰ ਕੇ ਉਸ ਦੀ ਲਾਸ਼ ਪੰਜਾਬ ਲਿਆਉਣ ਵਿੱਚ ਮਦਦ ਕੀਤੀ ਜਾਵੇ।