ਅੰਮ੍ਰਿਤਸਰ, 9 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਵੱਲੋਂ 01 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸਦੇ ਕਬਜ਼ੇ ‘ਚੋਂ 1.5 ਕਿਲੋ ਹੈਰੋਇੰਨ ਤੇ 03 ਲੱਖ ਰੁਪਏ ਡਰੱਗ ਮਨੀ ਬਰਾਮਦ ਹੋਈ। ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਪਿੰਡ ਰਾਮਾ ਥਾਣਾ ਬਧਨੀ ਜਿਲ੍ਹਾ ਮੋਗਾ, ਉਮਰ 36 ਸਾਲ, ਵਜੋਂ ਕੀਤੀ ਹੈ। ਇਹ 10ਵੀ ਪਾਸ ਹੈ ਅਤੇ ਕੰਬਾਇਨ ਦਾ ਡਰਾਇਵਰ ਹੈ।
ਇਹ ਵੀ ਖਬਰ ਪੜੋ : ਅੰਮ੍ਰਿਤਸਰ ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, ਹਾਦਸੇ ਚ ਬਾਰਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ਦੇ ਆਧਾਰ ‘ਤੇ ਡੀਸੀਪੀ ਹਰਪ੍ਰੀਤ ਮੰਡੇਰ, ਏਡੀਸੀਪੀ ਸਿਟੀ-1 ਮਹਿਤਾਬ ਸਿੰਘ, ਏ.ਸੀ.ਪੀ ਸੈਂਟਰਲ ਸੁਰਿੰਦਰ ਸਿੰਘ ਦੀ ਨਿਗਰਾਨੀ ਹੇਠ ਮੁੱਖ ਅਫ਼ਸਰ ਥਾਣਾ ਈ-ਡਵੀਜ਼ਨ ਇੰਸਪੈਕਟਰ ਸ਼ਿਵਦਰਸ਼ਨ ਸਿੰਘ ਦੀ ਪੁਲਿਸ ਐਸ.ਆਈ ਪਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਵਿਸ਼ੇਸ਼ ਮੁਹਿੰਮ ਚਲਾ ਕੇ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਸਨੇ ਮੋਚੀ ਬਜ਼ਾਰ ਦੇ ਖੇਤਰ ਤੋਂ ਹੈਰੋਇਨ ਦੀ ਖੇਪ ਕਿਸੇ ਅਣਪਛਾਤੇ ਵਿਅਕਤੀ ਪਾਸੋਂ ਲਈ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਅਨੁਸਾਰ ਪਤਾ ਲੱਗਾ ਹੈ ਕਿ ਇਸਨੇ ਆਪਣੇ ਹੀ ਪਿੰਡ ਰਾਮਾ ਜਿਲ੍ਹਾ ਮੋਗਾ ਦੇ ਮਨਦੀਪ ਸਿੰਘ (ਹੁਣ ਵਾਸੀ USA) ਦੇ ਕਹਿਣ ਤੇ ਹੈਰੋਇੰਨ ਕਿਸੇ ਅਣਪਛਾਤੇ ਵਿਅਕਤੀ ਕੋਲੋ ਲਈ ਸੀ। ਸੀ.ਪੀ.ਭੁੱਲਰ ਨੇ ਕਿਹਾ ਕਿ ਬੈਕਵਰਡ ਅਤੇ ਫਾਰਵਰਡ ਸਬੰਧਾਂ ਦੀ ਜਾਂਚ ਕਰਨ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਖਰੀਦੀ ਗਈ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।