ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਸਰਬਜੀਤ ਸਿੰਘ ਖਾਲਸਾ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਪ੍ਰਵਾਰ ਨੂੰ ਸਨਮਾਨਿਤ ਕਰਕੇ ਪੰਥ ਪ੍ਰਸਤੀ ਦਾ ਸਬੂਤ ਦੇ ਕੇ ਆਪਣੇ ਵਿਰੋਧੀਆਂ ਦੇ ਮੂੰਹ ਤੇ ਤਾਲੇ ਜੜ੍ਹ ਦਿੱਤੇ ਹਨ : ਭਾਈ ਮੋਹਕਮ ਸਿੰਘ

ਅੰਮ੍ਰਿਤਸਰ 6 ਜੁਲਾਈ (ਐੱਸ.ਪੀ.ਐਨ ਬਿਊਰੋ) – ਸਰਬੱਤ ਖਾਲਸਾ ਦੇ ਮੁੱਖ ਪ੍ਰਬੰਧਕ , ਦਮਦਮੀ ਟਕਸਾਲ ਦੇ ਸੀਨੀਅਰ ਆਗੂ ਭਾਈ ਮੋਹਕਮ ਸਿੰਘ ਨੇ ਇੱਕ ਪ੍ਰੈਸ ਬਿਆਨ ਰਾਹੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਮਰ ਸ਼ਹੀਦ ਭਾਈ ਬੇਅੰਤ ਸਿੰਘ ਦੇ ਸਪੁੱਤਰ ਅਤੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਲੋਕ ਸਭਾ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ਅਤੇ ਵਾਰਿਸ ਪੰਜਾਬ ਦੇ ਮੁੱਖੀ ਤੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਸ ਤਰਸੇਮ ਸਿੰਘ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਨਮਾਨਿਤ ਕਰਕੇ ਪੰਥ ਪ੍ਰਸਤੀ ਦਾ ਸਬੂਤ ਦਿੱਤਾ ਹੈ ਅਤੇ ਆਪਣੇ ਵਿਰੋਧੀਆਂ ਦੇ ਮੂੰਹ ਤੇ ਤਾਲੇ ਜੜ੍ਹ ਦਿੱਤੇ ਹਨ।

ਉਹਨਾਂ ਕਿਹਾ ਪੰਥ ਨੇ ਖਡੂਰ ਸਾਹਿਬ ਤੇ ਫਰੀਦਕੋਟ ਵਿੱਚ ਲੋਕ ਸਭਾ ਚੋਣਾਂ ਵਿੱਚ ਪੰਥ ਪ੍ਰਸਤਾ ਦੇ ਹੱਕ ਵਿੱਚ ਫਤਵਾ ਦੇ ਨਵੀਂ ਪੰਥਕ ਲੀਡਰਸ਼ਿਪ ਦਾ ਮੁੱਢ ਬੰਨ੍ਹ ਦਿੱਤਾ ਹੈ। ਇਹ ਜਵਾਰ ਭਾਟਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਸਦਾ ਲਈ ਬਾਦਲਾਂ ਦਾ ਪੰਥਕ ਮੰਚ ਤੋਂ ਸਫ਼ਾਇਆ ਕਰ ਦੇਵੇਗਾ।

ਉਹਨਾਂ ਕਿਹਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ ਹਰਮੀਤ ਸਿੰਘ ਕਾਲਕਾ ਅਤੇ ਉਹਨਾਂ ਦੀ ਸਮੁੱਚੀ ਟੀਮ ਦੀ ਜਿਨ੍ਹੀਂ ਵੀ ਸ਼ਲਾਘਾ ਕੀਤੀ ਜਾਵੇ ਘੱਟ ਹੈ । ਜਿਹਨਾਂ ਨੇ ਭਾਈ ਸਰਬਜੀਤ ਸਿੰਘ ਖਾਲਸਾ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਸਨਮਾਨਿਤ ਕਰਕੇ ਪੰਥਕ ਪ੍ਰਸਤਾ ਨੂੰ ਹੱਲਾਸ਼ੇਰੀ ਦਿੱਤੀ ਹੈ।

ਉਹਨਾਂ ਕਿਹਾ ਇਸ ਤੋਂ ਵੀ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ ਹਰਮੀਤ ਸਿੰਘ ਕਾਲਕਾ ਤੇ ਉਹਨਾਂ ਦੀ ਟੀਮ ਵਲੋਂ ਜਥੇਦਾਰ ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਕੌਮੀ ਪੱਧਰ ਤੇ ਮਨਾਕੇ ਅਤੇ ਭਾਈ ਕਾਉਂਕੇ ਦੇ ਕਾਤਲਾਂ ਵਿਰੁੱਧ ਅਵਾਜ਼ ਬੁਲੰਦ ਕਰਕੇ ਸ਼ਲਾਘਾ ਯੋਗ ਕਾਰਜ ਕੀਤਾ ਸੀ । ਉਹਨਾਂ ਕਿਹਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਲਾਲ ਕਿਲ੍ਹੇ ਤੇ ਹਰ ਸਾਲ ਫ਼ਤਹਿ ਦਿਵਸ ਤੇ ਵੱਡੇ ਸਮਾਗ਼ਮ ਕਰਕੇ ਸਿੱਖ ਕੌਮ ਵਿੱਚ ਵੱਡੀ ਜਾਗਰਤੀ ਪੈਦਾ ਕੀਤੀ ਹੈ । ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜੇ ਮਨਾ ਕੇ ਸਿੱਖ ਕੌਮ ਵਿੱਚ ਨਵੀਂ ਰੂਹ ਫੂਕੀ ਹੈ ।

You May Also Like