ਡਿਪਟੀ ਕਮਿਸ਼ਨਰ ਨੇ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ ਦੀ ਬਿਲ ਅੱਪਲੋਡ ਕਰਕੇ ਕੀਤੀ ਰਸਮੀ ਸ਼ੁਰੂਆਤ

ਅੰਮ੍ਰਿਤਸਰ 01 ਸਤੰਬਰ (ਰਾਜੇਸ਼ ਡੈਨੀ) – ਪੰਜਾਬ ਸਰਕਾਰ ਵਲੋਂ ਵਪਾਰੀਆਂ ਅਤੇ ਖਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ਬਾਰੇ ਜਾਗਰੂਕ ਅਤੇ ਹੋਰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਜ਼ਿਲ੍ਹੇ ਵਿਚ ਐਪ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਆਪਣੇ ਦਫ਼ਤਰ ਵਿਖੇ ਲਾਈਵ ਬਿਲ ਅਪਲੋਡ ਕਰਕੇ ਕੀਤੀ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਅਤੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਟੈਕਸ ਚੋਰੀ ਨੂੰ ਰੋਕਣ ਲਈ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ ਤਿਆਰ ਕੀਤੀ ਗਈ ਹੈ । ਐਪ ਲਾਂਚ ਕਰਨ ਦਾ ਮਕਸਦ ਆਮ ਵਿਅਕਤੀ ਨੂੰ ਖਰੀਦ ਕਰਨ ਮੌਕੇ ਦੁਕਾਨਦਾਰਾਂ ਪਾਸੋਂ ਬਿੱਲ ਹਾਸਲ ਕਰਨ ਲਈ ਉਤਸ਼ਾਹਤ ਕਰਕੇ ਸਰਕਾਰੀ ਮਾਲੀਏ ਦੀ ਉਗਰਾਹੀ ਵਧਾਉਣਾ ਵੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਪਤਕਾਰਾਂ ਨੂੰ ‘ਮੇਰਾ ਬਿੱਲ ਐਪ”ਉਤੇ ਖਰੀਦ ਕਰਨ ਦਾ ਬਿੱਲ ਅਪਲੋਡ ਕਰਨ ਲਈ ਉਤਸ਼ਾਹਤ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਇਹ ਇਨਾਮ ਵਸਤ/ਸੇਵਾ ਲਈ ਅਦਾ ਕੀਤੇ ਕਰ ਯੋਗ ਰਕਮ ਦੇ ਪੰਜ ਗੁਣਾਂ ਦੇ ਬਰਾਬਰ ਹੋਵੇਗਾ ਪਰ ਇਹ ਇਨਾਮ ਵੱਧ ਤੋਂ ਵੱਧ 10 ਹਜ਼ਾਰ ਰੁਪਏ ਤੱਕ ਦੇ ਮੁੱਲ ਦਾ ਹੋਵੇਗਾ। ਹਰੇਕ ਜ਼ਿਲ੍ਹੇ ਵਿਚ ਵੱਧ ਤੋਂ ਵੱਧ 10 ਇਨਾਮ ਦਿੱਤੇ ਜਾਣੇ ਹਨ ਅਤੇ ਯੋਗ ਬਿੱਲ ਦੀ ਰਕਮ ਘੱਟ ਤੋਂ ਘੱਟ 200 ਰੁਪਏ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ਉਤੇ ਪਾਈ ਜਾਵੇਗੀ ਅਤੇ ਜੇਤੂਆਂ ਨੂੰ ਮੋਬਾਈਲ ਐਪ ਦੇ ਰਾਹੀਂ ਸੂਚਿਤ ਕੀਤਾ ਜਾਵੇਗਾ। ਹਰੇਕ ਮਹੀਨੇ 290 ਲੱਕੀ ਡਰਾਅ 7 ਤਰੀਕ ਨੂੰ ਕੱਢੇ ਜਾਣਗੇ । ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਮੇਰਾ ਬਿੱਲ’ ਐਪ ਐਂਡਰਾਇਡ ਫੋਨ ਲਈ ਗੂਗਲ ਪਲੇਅ ਸਟੋਰ ਅਤੇ ਐਪਲ ਲਈ ਐਪ ਸਟੋਰ ਤੋਂ ਡਾਊਨਲੋਡ ਕਰਕੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।

ਉਨ੍ਹਾਂ ਹੋਰ ਦੱਸਿਆ ਕਿ ਪੈਟਰੋਲੀਅਮ ਉਤਪਾਦ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਈਂਧਨ ਅਤੇ ਕੁਦਰਤੀ ਗੈਸ) ਅਤੇ ਸ਼ਰਾਬ ਦੇ ਨਾਲ-ਨਾਲ ਬਿਜ਼ਨਸ-ਟੂ-ਬਿਜ਼ਨਸ ਦੇ ਲੈਣ-ਦੇਣ ਦੇ ਵਿਕਰੀ ਬਿੱਲ ਇਸ ਸਕੀਮ ਵਿਚ ਹਿੱਸਾ ਲੈਣ ਦੇ ਯੋਗ ਨਹੀਂ ਹੋਣਗੇ। ਇਸ ਮੌਕੇ ਆਬਕਾਰੀ ਅਤੇ ਕਰ ਅਧਿਕਾਰੀ ਸ੍ਰੀਮਤੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਮੀਡੀਏ ਦੇ ਵੱਖ ਵੱਖ ਮਾਧਿਅਮ ਅਤੇ ਵਿਦਿਅਕ ਅਦਾਰਿਆਂ ਵਿਖੇ ਵਿਸ਼ੇਸ ਜਾਗਰੂਕਤਾ ਕੈਂਪ ਲਗਾ ਕੇ ਇਸ ਸਕੀਮ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਸਕੀਮ ਜਰੀਏ ਸਰਕਾਰੀ ਦੀ ਟੈਕਸ ਦੀ ਚੋਰੀ ਰੁਕ ਸਕੇ ਅਤੇ ਸਰਕਾਰੀ ਦਾ ਰੈਵੀਨਿਓ ਵਿੱਚ ਇਜਾਫਾ ਹੋਵੇਗਾ । ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਅਸ਼ੋਕ ਤਲਵਾੜ, ਸਟੇਟ ਟੈਕਸ ਅਫਸਰ ਕੈਪਟਨ ਅੰਜਲੀ ਸ਼ੇਖੜੀ, ਏ:ਸੀ:ਐਸ:ਟੀ ਸ੍ਰੀ ਸੰਦੀਪ ਕੁਮਾਰ ਗੁਪਤਾ, ਸ੍ਰੀ ਅਜੈ ਕੁਮਾਰ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ ।

You May Also Like